
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦੀਆਂ ਟਿੱਪਣੀਆਂ ਨਿੰਦਣ ਯੋਗ : ਵੜਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਆਪਣੇ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣ ਦੇ ਦਿੱਤੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਹੈ। ਵੜਿੰਗ ਨੇ ਕਿਹਾ, ‘‘ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਟਿੱਪਣੀਆਂ ਕਰਨਾ ਸ਼ੋਭਾ ਨਹੀਂ ਦਿੰਦਾ ਹੈ ਕਿਉਂਕਿ ਨਹਿਰਾਂ ਬਣਾਉਣ ਦਾ ਪ੍ਰਸਤਾਵ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਬਚਾਉਣ ਲਈ ਸੀ।’’ ਉਨ੍ਹਾਂ ਕਿਹਾ ਕਿ ਇਹ ਬਿਆਨ ਸਿਰਫ਼ ਪੱਖਪਾਤੀ ਸਿਆਸੀ ਬਿਆਨਬਾਜ਼ੀ ਦੀ ਝਲਕ ਦਿੰਦਾ ਹੈ ਜਦੋਂ ਕਿ ਮੁੱਦਾ ਰਾਸ਼ਟਰੀ ਹਿੱਤ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਪੜਾਅ ’ਤੇ ਅਜਿਹੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਸਨ।