
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, ਜਿਸ ਨਾਲ ਰੱਬ ਦੇ ਨਿਆਂ ਵਾਲੇ ਸਮਾਜ ਦੀ ਸਿਰਜਣਾ ਹੋਵੇ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ। ਜਥੇਦਾਰ ਗਿਆਨੀ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਸਿਰਜਿਆ।
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਦਾ ਸਮਰਪਿਤ ਰਹੇਗਾ। 18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾਖੋਜ ਮਿਟਾਉਣ ਦਾ ਐਲਾਨ ਕੀਤਾ, ਤਾਂ ਕੌਮ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਵਾਈ ਲੈ ਅਬਦਾਲੀ ਨੂੰ ਗਜ਼ਨੀ ਤੱਕ ਭਜਾਇਆ।
ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਸਿੱਖਾਂ ਨੂੰ ਗੁਰੂ ਤੇ ਗੁਰੂ ਦੇ ਸਿਧਾਂਤ ਨਾਲੋਂ ਤੋੜਨ ਲਈ ਫੈਲਾਈ ਜਾ ਰਹੀ ਲੱਚਰਤਾ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ਵਿਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਆਪਣੀ ਜ਼ਿੰਮੇਵਾਰੀ ਸਮਝੀਏ ਅਤੇ ਅਜਿਹੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਨਾਲ ਜੋੜੀਏ। ਉਨ੍ਹਾਂ ਸਮੁੱਚੀ ਕੌਮ ਨੂੰ ਖੁਆਰੀਆਂ ਵਿਚੋਂ ਨਿਕਲਣ ਲਈ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਸਾਇਆ ਹੇਠ ਇਕੱਤਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।