
ਤਿਲੰਗਾਨਾ ਪਲਾਂਟ ਧਮਾਕਾ ਦੇ ਮਿ੍ਰਤਕਾਂ ਦੇ ਵਾਰਸਾਂ ਨੂੰ ਮਿਲੇਗਾ 1-1 ਕਰੋੜ ਮੁਆਵਜ਼ਾ
ਹੈਦਰਾਬਾਦ : ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ ਪਲਾਂਟ ਦੇ ਧਮਾਕੇ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ। ਧਮਾਕੇ ਵਾਲੀ ਜਗ੍ਹ ਦਾ ਦੌਰਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਹਾਦਸੇ ਦੇ ਮ੍ਰਿਤਕਾਂ ਦੀ ਗਿਣਤੀ 36 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਗੰਭੀਰ ਜ਼ਖਮੀਆਂ ਨੂੰ 10-10 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, ‘‘ਸੂਬਾ ਸਰਕਾਰ ਵੱਲੋਂ ਕੰਪਨੀ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਹਰ ਮ੍ਰਿਤਕ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।’’ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਐਮਰਜੈਂਸੀ ਖਰਚ ਲਈ ਦਿੱਤੇ ਜਾਣਗੇ।
ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਮ੍ਰਿਤਕ ਉੜੀਸਾ, ਬਿਹਾਰ, ਆਂਧਰਾ ਪ੍ਰਦੇਸ, ਮੱਧ ਪ੍ਰਦੇਸ ਅਤੇ ਤਿਲੰਗਾਨਾ ਨਾਲ ਸਬੰਧਤ ਹਨ। ਧਮਾਕੇ ਮੌਕੇ ਉੱਥੇ 143 ਲੋਕ ਮੌਜੂਦ ਸਨ ਜਿੰਨ੍ਹਾਂ ਵਿੱਚੋਂ 56 ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਬਾਕੀਆਂ ਦੀ ਭਾਲ ਲਈ ਹਾਲੇ ਵੀ ਰਾਹਤ ਕਾਰਜ ਜਾਰੀ ਹਨ।
ਅਧਿਕਾਰੀਆਂ ਨੇ ਕਿਹਾ,‘‘ ਹੁਣ ਤੱਕ 36 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਕੁੱਝ ਵਿਅਕਤੀ ਹਾਲੇ ਵੀ ਲਾਪਤਾ ਹਨ। ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।’’ ਇਸ ਤੋਂ ਪਹਿਲਾਂ ਮੁੱਖ ਮੰਤਰੀ ਰੈੱਡੀ ਨੇ ਐਲਾਨ ਕੀਤਾ ਸੀ ਕਿ ਜ਼ਖਮੀਆਂ ਦੇ ਇਲਾਜ਼ ਦਾ ਪੂਰਾ ਖਰਚ ਸੂਬਾ ਸਰਕਾਰ ਅਤੇ ਸਿਗਾਚੀ ਕੰਪਨੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਇਸ ਘਟਨਾ ਸਬੰਧੀ ਕਿਸੇ ਵੀ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
The post ਤਿਲੰਗਾਨਾ ਪਲਾਂਟ ਧਮਾਕਾ ਦੇ ਮਿ੍ਰਤਕਾਂ ਦੇ ਵਾਰਸਾਂ ਨੂੰ ਮਿਲੇਗਾ 1-1 ਕਰੋੜ ਮੁਆਵਜ਼ਾ appeared first on AMAZING TV – News from Punjab, India & Around the World.